ਹੜ੍ਹ ਪ੍ਰਭਾਵਿਤ ਇਲਾਕੇ ਦੇ ਵਿਦਿਆਰਥੀਆਂ ਲਈ ਸਹਾਇਤਾ ਦੀ ਅਪੀਲ

         ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਹੁਤ ਸਾਰੀਆਂ ਸੰਸਥਾਵਾਂ ਨੇ ਆਪਣੇ ਆਪਣੇ ਤੌਰ ਤੇ ਆਪਣੇ ਆਪਣੇ ਢੰਗ ਤਰੀਕਿਆਂ ਨਾਲ ਪੀੜਤ ਲੋਕਾਂ ਲਈ ਰਾਹਤ ਸਮੱਗਰੀ ਪਹੁੰਚਾਈ ਹੈ ਤੇ ਹੋਰ ਵੀ ਉਹਨਾਂ ਦੀਆਂ ਲੋੜਾਂ ਅਨੁਸਾਰ ਪਹੁੰਚਾ ਰਹੀਆਂ ਹਨ। ਉਹਨਾਂ ਸਾਹਮਣੇ ਹੋਰ ਬਹੁਤ ਸਾਰੀਆਂ ਲੋੜਾਂ ਦਰਪੇਸ਼ ਹਨ। ਇਸ ਲਈ ਵੱਡੇ ਉਪਰਾਲਿਆਂ ਦੀ ਲੋੜ ਹੈ। ਉਹਨਾਂ ਦੀਆਂ ਲੋੜਾਂ ਵਿਚੋਂ ਤਰਕਸ਼ੀਲ ਸੁਸਾਇਟੀ ਪੰਜਾਬ ( ਰਜਿ:) ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਪਹਿਲੀ ਸ੍ਰੇਣੀ ਤੋਂ ਲੈ ਕੇ ਬਾਰਵੀਂ ਸ੍ਰੇਣੀ ਤੱਕ ਦੇ ਵਿਦਿਆਰਥੀਆਂ ਲਈ ਉਹਨਾਂ ਦੀ ਲੋੜ ਅਨੁਸਾਰ ਰਜਿਸਟਰ, ਕਾਪੀਆਂ, ਪੈਨ , ਪੈਨਸਲਾਂ ਆਦਿ ਸਟੇਸ਼ਨਰੀ ਦੇਣ ਦਾ ਫੈਸਲਾ ਕੀਤਾ ਹੈ। ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸਾਰੀ ਟੀਮ ਕੁੱਝ ਸਮੇਂ ਤੋਂ ਇਸ ਕਾਰਜ ਲਈ ਸਹਾਇਤਾ ਰਾਸ਼ੀ ਇਕੱਠੀ ਕਰ ਰਹੀ ਹੈ। ਜਿਸ ਦੇ ਯਤਨਾਂ ਸਦਕਾ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਨੇ ਪਹਿਲੀ ਕਿਸ਼ਤ ਵਜੋਂ ਦਸ ਲੱਖ ਰੁਪਏ ਦੀ ਸਟੇਸ਼ਨਰੀ ਖਰੀਦ ਕੇ ਬੱਚਿਆਂ ਤੱਕ ਪਹੁੰਚਾਉਣ ਦਾ ਫੈਸਲਾ ਕੀਤਾ ਹੈ। ਜਿਵੇਂ ਜਿਵੇਂ ਹੋਰ ਸਹਾਇਤਾ ਰਾਸ਼ੀ ਇਕੱਠੀ ਹੁੰਦੀ ਜਾਵੇਗੀ ਹੋਰ ਸਮੱਗਰੀ ਖਰੀਦ ਕੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਿੱਤੀ ਜਾਂਦੀ ਰਹੇਗੀ। ਸਹੀ ਵਿਦਿਆਰਥੀਆਂ ਦੀ ਸ਼ਨਾਖਤ ਕਰਨ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਨਾਲ ਸੰਬੰਧਤ ਸੂਬਾ ਆਗੂਆਂ ਅਤੇ ਜੋਨ ਆਗੂਆਂ ਦੀਆਂ ਕਮੇਟੀਆਂ ਬਣਾ ਦਿੱਤੀਆਂ ਹਨ ਜੋ 30 ਸਤੰਬਰ 2025 ਤੱਕ ਵਿਦਿਆਰਥੀਆਂ ਦੀ ਸ੍ਰੇਣੀ ਵਾਇਜ਼ ਵੇਰਵੇ ਇਕੱਤਰ ਕਰਕੇ ਸੂਬਾ ਕਮੇਟੀ ਨੂੰ ਦੇਣਗੇ। ਉਸ ਅਨੁਸਾਰ ਕਿੱਟਾਂ ਬਣਾ ਕੇ ਵਿਦਿਆਰਥੀਆਂ ਨੂੰ ਸਮੱਗਰੀ ਦਿੱਤੀ ਜਾਵੇਗੀ।

          ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸਾਰੇ ਮੈਂਬਰਾਂ, ਮੈਗਜ਼ੀਨ ਦੇ ਪਾਠਕਾਂ, ਹਮਦਰਦ ਸਾਥੀਆਂ ਅਤੇ ਹੋਰ ਉਹਨਾਂ ਸਾਰੇ ਸੱਜਣਾਂ ਨੂੰ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਬੇਨਤੀ ਕਰਦੇ ਹਾਂ ਕਿ ਉਹ ਆਪਣੀ ਆਪਣੀ ਸਮਰਥਾ ਅਨੁਸਾਰ ਇਸ ਜਰੂਰੀ ਕਾਰਜ਼ ਵਿੱਚ ਹਿੱਸਾ ਪਾਉਣ। ਸਹਾਇਤਾ ਰਾਸ਼ੀ ਸਿੱਧੀ ਤਰਕਸ਼ੀਲ ਸੁਸਾਇਟੀ ਪੰਜਾਬ ਰਜਿ: ਦੇ ਖਾਤਾ ਨੰਬਰ 0044000100282234 IFSC ਕੋਡ PUNB0004400 ਪੰਜਾਬ ਨੈਸ਼ਨਲ ਬੈਂਕ ਬਰਨਾਲਾ ਰਾਹੀਂ ਵੀ ਭੇਜੀ ਜਾ ਸਕਦੀ ਹੈ। ਸਹਾਇਤਾ ਰਾਸ਼ੀ ਦੇ ਵੇਰਵੇ ਸੂਬਾ ਵਿਤ ਮੁਖੀ ਰਾਜੇਸ਼ ਅਕਲੀਆ ਨੂੰ ਮੋਬਾਈਲ ਨੰਬਰ 9815670725 ਦੇ ਵਟਸਐੱਪ ਤੇ ਜਾਂ ਕਿਸੇ ਵੀ ਤਰਕਸ਼ੀਲ ਸੁਸਾਇਟੀ ਦੇ ਕਾਰਕੁੰਨ ਨੂੰ ਜਰੂਰ ਭੇਜਣ ਤਾਂ ਉਹ ਕਾਰਕੁੰਨ ਉਹ ਵੇਰਵੇ ਅੱਗੇ ਰਾਜ਼ੇਸ਼ ਅਕਲੀਆ ਨੂੰ ਭੇਜ ਸਕੇ। 

ਵੱਲੋਂ :- ਸੂਬਾ ਕਮੇਟੀ ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਮੁੱਖ ਦਫਤਰ, ਤਰਕਸ਼ੀਲ ਭਵਨ, ਤਰਕਸ਼ੀਲ ਚੌਂਕ, ਬਰਨਾਲਾ (ਪੰਜਾਬ)

ਰਾਜ ਪੱਧਰੀ ਚੇਤਨਾ ਪਰਖ਼ ਪ੍ਰੀਖਿਆ ਦੇ ਨਤੀਜੇ ਦਾ ਐਲਾਨ

ਮਿਡਲ 'ਚੋ ਬਲਜੀਤ ਕੌਰ ਅਤੇ ਸੈਕੰਡਰੀ 'ਚੋਂ ਪੁਸ਼ਪਿੰਦਰ ਸਿੰਘ ਪਹਿਲੇ ਸਥਾਨ ਤੇ ਰਹੇ

ਬਰਨਾਲਾ, 20 ਅਗਸਤ (ਅਜਾਇਬ ਜਲਾਲੇਆਣਾ): ਵਿਦਿਆਰਥੀਆਂ ਨੂੰ ਅਮੀਰ ਵਿਰਸੇ ਨਾਲ ਜੋੜਨ, ਦੇਸ਼ ਭਗਤੀ ਦੀ ਜਾਗ ਲਾਉਣ ਤੇ ਲਈ ਗਈ ਰਾਜ ਪੱਧਰੀ ਤਰਕਸ਼ੀਲ ਚੇਤਨਾ ਪਰਖ਼ ਪ੍ਰੀਖਿਆ ਦਾ ਨਤੀਜਾ ਅੱਜ ਸਥਾਨਕ ਤਰਕਸ਼ੀਲ ਭਵਨ ਵਿਖੇ ਸਥਿੱਤ ਤਰਕਸ਼ੀਲ ਸੁਸਾਇਟੀ ਦੇ ਮੁੱਖ ਦਫਤਰ ਤੋਂ ਐਲਾਨਿਆ

ਗਿਆ. ਜਲ੍ਹਿਆਂ ਵਾਲਾ ਬਾਗ ਦੀ ਸ਼ਹਾਦਤ ਸ਼ਤਾਬਦੀ ਨੂੰ ਸਮਰਪਿਤ ਇਸ ਪ੍ਰੀਖਿਆ ਵਿੱਚ 71 ਤਰਕਸ਼ੀਲ ਇਕਾਈਆਂ ਦੀ ਪਹਿਲਕਦਮੀ ਤੇ ਰਾਜ ਵਿੱਚ 292 ਸੈਂਟਰਾਂ ਵਿੱਚ ਪੰਜਾਬ ਭਰ ਦੇ ਮਿਡਲ ਤੇ ਸੈਕੰਡਰੀ ਵਿਭਾਗ ਦੇ 18,846 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ. ਇਹ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਸੂਬਾਈ ਜਥੇਬੰਦਕ ਮੁਖੀ ਰਾਜਿੰਦਰ ਭਦੌੜ ਨੇ ਦੱਸਿਆ ਕਿ ਕੌਮੀ ਤਰਕਸ਼ੀਲ ਲਹਿਰ ਦੇ ਨਾਇਕ ਡਾ. ਨਰੇਂਦਰ ਦਾਭੋਲਕਰ ਦੇ ਸ਼ਹਾਦਤ ਦਿਨ(ਵਿਗਿਆਨਕ ਚੇਤਨਾ ਦਿਵਸ) ਤੇ ਨਤੀਜੇ ਦਾ ਐਲਾਨ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਇਹ ਸੁਨੇਹਾ ਹੈ ਕਿ ਚੰਗੇਰੇ, ਬਰਾਬਰੀ ਵਾਲੇ ਰੌਸ਼ਨ ਭਵਿੱਖ ਲਈ ਤਰਕਸ਼ੀਲ ਵਿਚਾਰਾਂ ਦੀ ਰੌਸ਼ਨੀ ਸਮੇਂ ਦੀ ਲੋੜ ਹੈ. ਇਸ ਮੌਕੇ ਮੌਜੂਦ ਤਰਕਸ਼ੀਲ ਮੈਗਜ਼ਨ ਦੇ ਸੰਪਾਦਕ ਬਲਬੀਰ ਚੰਦ ਲੌਂਗੋਵਾਲ ਤੇ ਹੇਮ ਰਾਜ ਸਟੈਨੋ ਨੇ ਆਖਿਆ ਕਿ ਸਮਾਜਿਕ ਚੇਤਨਾ ਤੇ ਸੁਚੇਤ ਨੌਜਵਾਨ ਵਰਗ ਸਿਰ ਤੇ ਹੀ ਅਜੋਕੇ ਫਾਸ਼ੀਵਾਦੀ ਦੌਰ ਦੇ ਚੇਤਨਾ ਲਹਿਰ ਤੇ ਜਮਹੂਰੀ ਹੱਕਾਂ ਉੱਪਰ ਕੀਤੇ ਜਾ ਰਹੇ ਹੱਲਿਆਂ ਨੂੰ ਮਾਤ ਦਿੱਤੀ ਜਾ ਸਕਦੀ ਹੈ.

ਐਲਾਨੇ ਗਏ ਨਤੀਜੇ ਵਿੱਚ ਪੰਜਾਬ ਦੇ ਵੱਖ ਵੱਖ ਖ਼ੇਤਰਾਂ ਵਿੱਚੋਂ ਮਿਡਲ ਵਿਭਾਗ ਵਿੱਚ ਬਲਜੀਤ ਕੌਰ, ਗੁਰਲਾਲ ਸਿੰਘ, ਕੇਸ਼ਵ ਕਾਂਸਲ ਤੇ ਸਾਹਿਲ ਜਦਕਿ ਸੈਕੰਡਰੀ ਵਿਭਾਗ ਵਿੱਚ ਪੁਸ਼ਪਿੰਦਰ ਸਿੰਘ, ਸਿਮਰਨਜੀਤ ਕੌਰ ਤੇ ਸਲੋਨੀ ਨੇ ਕ੍ਰਮਵਾਰ ਪਹਿਲੇ ਸਥਾਨ ਮੱਲੇ ਹਨ. ਤਰਕਸ਼ੀਲ ਆਗੂਆਂ ਨੇ ਦੱਸਿਆ ਕਿ ਪਹਿਲੇ ਸਥਾਨਾਂ ਤੇ ਆਉਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਤਰਕਸ਼ੀਲ ਭਵਨ ਵਿਖੇ ਕੀਤੇ ਜਾਣ ਵਾਲੇ ਸੂਬਾਈ ਸਮਾਰੋਹ ਵਿੱਚ ਨਕਦ ਰਾਸ਼ੀ ਤੇ ਪੁਸਤਕਾਂ ਦੇ ਸੈੱਟ ਨਾਲ ਸਨਮਾਨਿਤ ਕੀਤਾ ਜਾਵੇਗਾ. ਜਦਕਿ ਮੈਰਿਟ ਲਿਸਟ ਵਿੱਚ ਆਉਣ ਵਾਲੇ 100 ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ ਤੇ ਸਾਲ ਭਰ ਲਈ ਮੁਫ਼ਤ ਤਰਕਸ਼ੀਲ ਮੈਗਜ਼ੀਨ ਭੇਜਿਆ ਜਾਵੇਗਾ. ਉਹਨਾਂ ਦੱਸਿਆ ਕਿ ਜ਼ੋਨ ਪੱਧਰ ਅਤੇ ਇਕਾਈ ਪੱਧਰ ਤੇ ਪਹਿਲੇ ਸਥਾਨ ਮੱਲਣ ਵਾਲੇ ਵਿਦਿਆਰਥੀਆਂ ਦਾ ਸਰਟੀਫਿਕੇਟ ਤੇ ਪੁਸਤਕਾਂ ਨਾਲ ਸਨਮਾਨ ਦਿੱਤਾ ਜਾਵੇਗਾ. ਉਹਨਾਂ ਚੇਤਨਾ ਪ੍ਰੀਖਿਆ ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਇਸਦੇ ਭਵਿੱਖ ਵਿੱਚ ਚੰਗੇ ਨਤੀਜੇ ਵੇਖਣ ਨੂੰ ਮਿਲਣਗੇ.

powered by social2s