ਹੜ੍ਹ ਪ੍ਰਭਾਵਿਤ ਇਲਾਕੇ ਦੇ ਵਿਦਿਆਰਥੀਆਂ ਲਈ ਸਹਾਇਤਾ ਦੀ ਅਪੀਲ

         ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਹੁਤ ਸਾਰੀਆਂ ਸੰਸਥਾਵਾਂ ਨੇ ਆਪਣੇ ਆਪਣੇ ਤੌਰ ਤੇ ਆਪਣੇ ਆਪਣੇ ਢੰਗ ਤਰੀਕਿਆਂ ਨਾਲ ਪੀੜਤ ਲੋਕਾਂ ਲਈ ਰਾਹਤ ਸਮੱਗਰੀ ਪਹੁੰਚਾਈ ਹੈ ਤੇ ਹੋਰ ਵੀ ਉਹਨਾਂ ਦੀਆਂ ਲੋੜਾਂ ਅਨੁਸਾਰ ਪਹੁੰਚਾ ਰਹੀਆਂ ਹਨ। ਉਹਨਾਂ ਸਾਹਮਣੇ ਹੋਰ ਬਹੁਤ ਸਾਰੀਆਂ ਲੋੜਾਂ ਦਰਪੇਸ਼ ਹਨ। ਇਸ ਲਈ ਵੱਡੇ ਉਪਰਾਲਿਆਂ ਦੀ ਲੋੜ ਹੈ। ਉਹਨਾਂ ਦੀਆਂ ਲੋੜਾਂ ਵਿਚੋਂ ਤਰਕਸ਼ੀਲ ਸੁਸਾਇਟੀ ਪੰਜਾਬ ( ਰਜਿ:) ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਪਹਿਲੀ ਸ੍ਰੇਣੀ ਤੋਂ ਲੈ ਕੇ ਬਾਰਵੀਂ ਸ੍ਰੇਣੀ ਤੱਕ ਦੇ ਵਿਦਿਆਰਥੀਆਂ ਲਈ ਉਹਨਾਂ ਦੀ ਲੋੜ ਅਨੁਸਾਰ ਰਜਿਸਟਰ, ਕਾਪੀਆਂ, ਪੈਨ , ਪੈਨਸਲਾਂ ਆਦਿ ਸਟੇਸ਼ਨਰੀ ਦੇਣ ਦਾ ਫੈਸਲਾ ਕੀਤਾ ਹੈ। ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸਾਰੀ ਟੀਮ ਕੁੱਝ ਸਮੇਂ ਤੋਂ ਇਸ ਕਾਰਜ ਲਈ ਸਹਾਇਤਾ ਰਾਸ਼ੀ ਇਕੱਠੀ ਕਰ ਰਹੀ ਹੈ। ਜਿਸ ਦੇ ਯਤਨਾਂ ਸਦਕਾ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਨੇ ਪਹਿਲੀ ਕਿਸ਼ਤ ਵਜੋਂ ਦਸ ਲੱਖ ਰੁਪਏ ਦੀ ਸਟੇਸ਼ਨਰੀ ਖਰੀਦ ਕੇ ਬੱਚਿਆਂ ਤੱਕ ਪਹੁੰਚਾਉਣ ਦਾ ਫੈਸਲਾ ਕੀਤਾ ਹੈ। ਜਿਵੇਂ ਜਿਵੇਂ ਹੋਰ ਸਹਾਇਤਾ ਰਾਸ਼ੀ ਇਕੱਠੀ ਹੁੰਦੀ ਜਾਵੇਗੀ ਹੋਰ ਸਮੱਗਰੀ ਖਰੀਦ ਕੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਿੱਤੀ ਜਾਂਦੀ ਰਹੇਗੀ। ਸਹੀ ਵਿਦਿਆਰਥੀਆਂ ਦੀ ਸ਼ਨਾਖਤ ਕਰਨ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਨਾਲ ਸੰਬੰਧਤ ਸੂਬਾ ਆਗੂਆਂ ਅਤੇ ਜੋਨ ਆਗੂਆਂ ਦੀਆਂ ਕਮੇਟੀਆਂ ਬਣਾ ਦਿੱਤੀਆਂ ਹਨ ਜੋ 30 ਸਤੰਬਰ 2025 ਤੱਕ ਵਿਦਿਆਰਥੀਆਂ ਦੀ ਸ੍ਰੇਣੀ ਵਾਇਜ਼ ਵੇਰਵੇ ਇਕੱਤਰ ਕਰਕੇ ਸੂਬਾ ਕਮੇਟੀ ਨੂੰ ਦੇਣਗੇ। ਉਸ ਅਨੁਸਾਰ ਕਿੱਟਾਂ ਬਣਾ ਕੇ ਵਿਦਿਆਰਥੀਆਂ ਨੂੰ ਸਮੱਗਰੀ ਦਿੱਤੀ ਜਾਵੇਗੀ।

          ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸਾਰੇ ਮੈਂਬਰਾਂ, ਮੈਗਜ਼ੀਨ ਦੇ ਪਾਠਕਾਂ, ਹਮਦਰਦ ਸਾਥੀਆਂ ਅਤੇ ਹੋਰ ਉਹਨਾਂ ਸਾਰੇ ਸੱਜਣਾਂ ਨੂੰ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਬੇਨਤੀ ਕਰਦੇ ਹਾਂ ਕਿ ਉਹ ਆਪਣੀ ਆਪਣੀ ਸਮਰਥਾ ਅਨੁਸਾਰ ਇਸ ਜਰੂਰੀ ਕਾਰਜ਼ ਵਿੱਚ ਹਿੱਸਾ ਪਾਉਣ। ਸਹਾਇਤਾ ਰਾਸ਼ੀ ਸਿੱਧੀ ਤਰਕਸ਼ੀਲ ਸੁਸਾਇਟੀ ਪੰਜਾਬ ਰਜਿ: ਦੇ ਖਾਤਾ ਨੰਬਰ 0044000100282234 IFSC ਕੋਡ PUNB0004400 ਪੰਜਾਬ ਨੈਸ਼ਨਲ ਬੈਂਕ ਬਰਨਾਲਾ ਰਾਹੀਂ ਵੀ ਭੇਜੀ ਜਾ ਸਕਦੀ ਹੈ। ਸਹਾਇਤਾ ਰਾਸ਼ੀ ਦੇ ਵੇਰਵੇ ਸੂਬਾ ਵਿਤ ਮੁਖੀ ਰਾਜੇਸ਼ ਅਕਲੀਆ ਨੂੰ ਮੋਬਾਈਲ ਨੰਬਰ 9815670725 ਦੇ ਵਟਸਐੱਪ ਤੇ ਜਾਂ ਕਿਸੇ ਵੀ ਤਰਕਸ਼ੀਲ ਸੁਸਾਇਟੀ ਦੇ ਕਾਰਕੁੰਨ ਨੂੰ ਜਰੂਰ ਭੇਜਣ ਤਾਂ ਉਹ ਕਾਰਕੁੰਨ ਉਹ ਵੇਰਵੇ ਅੱਗੇ ਰਾਜ਼ੇਸ਼ ਅਕਲੀਆ ਨੂੰ ਭੇਜ ਸਕੇ। 

ਵੱਲੋਂ :- ਸੂਬਾ ਕਮੇਟੀ ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਮੁੱਖ ਦਫਤਰ, ਤਰਕਸ਼ੀਲ ਭਵਨ, ਤਰਕਸ਼ੀਲ ਚੌਂਕ, ਬਰਨਾਲਾ (ਪੰਜਾਬ)

ਵਾਲ ਕੱਟਣ ਦੀਆਂ ਘਟਨਾਵਾਂ ਪਿੱਛੇ ਕੋਈ ਗੈਬੀ ਸ਼ਕਤੀ ਕਾਰਜਸ਼ੀਲ ਨਹੀਂ: ਵਾਕਫ਼

ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਬੂਟਾ ਸਿੰਘ ਵਾਕਫ਼): ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਵਾਪਰ ਰਹੀਆਂ ਵਾਲ ਕੱਟਣ ਦੀਆਂ ਘਟਨਾਵਾਂ ਪਿੱਛੇ ਕੋਈ ਗੈਬੀ ਸ਼ਕਤੀ ਕੰਮ ਨਹੀਂ ਕਰ ਰਹੀ ਹੈ ਸਗੋਂ ਕੁਝ ਚਾਲਬਾਜ਼ ਅਤੇ ਬਿਮਾਰ ਮਾਨਸਿਕਤਾ ਵਾਲੇ ਲੋਕ ਹੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਲੋਕਾਂ ਵਿਚ

ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੇ ਹਨ. ਇਹ ਵਿਚਾਰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਭਾਗਸਰ ਵਿਖੇ ਵਿਦਿਆਰਥੀਆਂ ਨਾਲ ਸਾਂਝੇ ਕਰਦਿਆਂ ਤਰਕਸ਼ੀਲ ਸੁਸਾਇਟੀ (ਰਜਿ.) ਪੰਜਾਬ ਜੋਨ ਫਾਜ਼ਿਲਕਾ ਦੇ ਮੀਡੀਆ ਇੰਚਾਰਜ ਬੂਟਾ ਸਿੰਘ ਵਾਕਫ਼ ਨੇ ਕਿਹਾ ਕਿ ਵਧੇਰੇ ਘਟਨਾਵਾਂ ਦੇ ਸੰਦਰਭ ਵਿਚ ਜਲਦਬਾਜੀ ਦੀ ਹੋੜ ਵਿਚ ਮੀਡੀਆ ਅਸਲ ਤੱਥਾਂ ਦੀ ਪੜ੍ਹਤਾਲ ਕਰਨ ਦੀ ਬਜਾਏ ਸਨਸ਼ਨੀ ਪੈਦਾ ਕਰਨ ਵਾਲੀਆਂ ਰਿਪੋਰਟਾਂ ਹੀ ਲੋਕਾਂ ਸਾਹਵੇਂ ਪਰੋਸ ਰਿਹਾ ਹੈ ਅਤੇ ਲੋਕ ਵੀ ਬਿਨਾਂ ਸੋਚੇ ਸਮਝੇ ਸ਼ੋਸ਼ਲ ਮੀਡੀਆ ਤੇ ਇਸ ਕੁ-ਪ੍ਰਚਾਰ ਨੂੰ ਵਧਾਉਣ ਵਿਚ ਯੋਗਦਾਨ ਪਾ ਰਹੇ ਹਨ. ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਇਨ੍ਹਾਂ ਘਟਨਾਵਾਂ ਪਿੱਛੇ ਲੁਕੇ ਕਾਰਨਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਲਗਾਤਾਰ ਮਿਹਨਤ ਕਰ ਰਹੀ ਹੈ ਤੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਦੇ ਲੋਕਾਂ ਦੇ ਪਰਦੇ ਫਾਸ਼ ਕਰ ਰਹੀ ਹੈ. ਉਨ੍ਹਾਂ ਵਿਦਿਆਰਥੀਆਂ ਨਾਲ ਯੁੱਗ ਪਲਟਾਉਣ ਵਾਲੀਆਂ ਕੁਝ ਮਹਾਨ ਹਸਤੀਆਂ ਦੇ ਕਾਰਜ ਤੇ ਵਿਚਾਰਧਾਰਾ ਨੂੰ ਸਾਂਝੇ ਕਰਦਿਆਂ ਦਿਨੋਂ-ਦਿਨ ਖੁਰ ਰਹੀਆਂ ਨੈਤਿਕ ਕਦਰਾਂ ਕੀਮਤਾਂ ਮੁੜ ਬਹਾਲ ਕਰਨ, ਆਪਣਾ ਵਿਹਲਾ ਸਮਾਂ ਮੋਬਾਇਲ, ਕੰਪਿਉਟਰ ਆਦਿ ਤੇ ਗੇਮਾਂ ਖੇਡਣ ਦੀ ਬਜਾਏ ਮਾਪਿਆਂ ਤੇ ਪਰਿਵਾਰਕ ਮੈਂਬਰਾਂ ਸੰਗ ਬਤੀਤ ਕਰਨ, ਜ਼ਿੰਦਗੀ ਨੂੰ ਸੇਧ ਦੇਣ ਵਾਲੀਆਂ ਉਸਾਰੂ ਸਾਹਿਤਕ ਪੁਸਤਕਾਂ, ਅਖਬਾਰ, ਰਸਾਲੇ ਪੜ੍ਹਨ, ਆਪਣੇ ਆਲੇ ਦੁਆਲੇ ਨਿੱਤ ਦਿਨ ਵਾਪਰਨ ਵਾਲੇ ਵਰਤਾਰਿਆਂ ਪ੍ਰਤੀ ਵਿਗਿਆਨਕ ਪਹੁੰਚ ਅਪਣਾਉਣ, ਕੁਦਰਤੀ ਵਰਤਾਰਿਆਂ ਨੂੰ ਨੀਝ ਨਾਲ ਤੱਕਣ/ਸਮਝਣ ਅਤੇ ਵੱਧ ਤੋਂ ਵੱਧ ਪ੍ਰਸ਼ਨ ਪੁੱਛਣ ਦੀ ਆਦਤ ਪਾਉਣ ਦੀ ਅਪੀਲ ਵੀ ਕੀਤੀ. ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਡਾ. ਸੁਰੇਂਦਰ ਨਾਗਰ ਨੇ ਵੀ ਪ੍ਰੇਰਣਾਦਾਇਕ ਪ੍ਰੰਸਗਾਂ ਰਾਹੀਂ ਪੜ੍ਹਾਈ ਦੇ ਨਾਲ-ਨਾਲ ਘਰ, ਸਕੂਲ ਤੇ ਸਮਾਜ ਦੇ ਸਾਂਝੇ ਕਾਰਜਾਂ ਵਿਚ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ. ਇਸ ਮੌਕੇ ਤੇ ਖੇਡਾਂ, ਪੜ੍ਹਾਈ ਅਤੇ ਹੋਰ ਸਕੂਲੀ ਗਤੀਵਿਧੀਆਂ ਵਿਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ. ਇਸ ਮੌਕੇ ਤੇ ਸਟਾਫ਼ ਮੈਂਬਰ ਮੈਡਮ ਅੰਮ੍ਰਿਤਪਾਲ ਕੌਰ, ਰੀਤੂ ਬਾਲਾ, ਜਸਮੀਤ ਕੌਰ, ਸਿਮਰਨ ਕੌਰ, ਲਵਜੋਤ ਕੌਰ, ਇੰਦਰਜੀਤ ਕੌਰ, ਪਵਨਨੀਤ ਕੌਰ, ਵਰੁਣ ਬੱਤਰਾ, ਗੌਤਮ ਕੁਮਾਰ, ਹਰਬੰਸ ਸਿੰਘ, ਸਾਹਿਬ ਸਿੰਘ ਤੇ ਸੁਖਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ.

powered by social2s