ਉੱਤਰੀ ਭਾਰਤ ਦੇ ਤਰਕਸ਼ੀਲਾਂ ਦੀ ਸ਼ਾਂਝੀ ਵਰਕਸ਼ਾਪ 7 ਅਤੇ 8 ਦਸੰਬਰ ਨੂੰ

ਉੱਤਰੀ ਭਾਰਤ ਦੇ ਤਰਕਸ਼ੀਲਾਂ ਦੀ ਦੋ ਦਿਨਾਂ ਦੀ ਸ਼ਾਂਝੀ ਵਰਕਸ਼ਾਪ 7 - 8 ਦਸੰਬਰ 2024 ਨੂੰ ਤਰਕਸ਼ੀਲ ਭਵਨ ਬਰਨਾਲਾ (ਪੰਜਾਬ) ਵਿਖੇ ਹੋਵੇਗੀ। ਇਸ ਵਰਕਸ਼ਾਪ ਦੀ ਰਜਿਸਟ੍ਰੇਸ਼ਨ ਫੀਸ 600 ਰੁਪਏ ਪ੍ਰਤੀ ਵਿਆਕਤੀ ਹੋਵੇਗੀ ਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਮੈਂਬਰਾਂ ਤੋਂ 300 ਰੁਪਏ ਪ੍ਰਤੀ ਮੈਂਬਰ ਰਜਿਸਟੇਸ਼ਨ ਫੀਸ ਲਈ ਜਾਵੇਗੀ।

ਵੱਲੋਂ;

ਤਰਕਸ਼ੀਲ ਸੁਸਾਇਟੀ ਪੰਜਾਬ

ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਬਾਗੇਸ਼ਵਰ ਧਾਮ ਦੇ ਬਾਬੇ ਨੂੰ ਖੁੱਲ੍ਹੀ ਚੁਣੌਤੀ
ਅਖੌਤੀ ਦੈਵੀ ਸ਼ਕਤੀ ਸਿੱਧ ਕਰਕੇ ਪੰਜ ਲੱਖ ਰੁਪਏ ਦਾ ਇਨਾਮ ਜਿੱਤਣ ਦਾ ਸੱਦਾ

ਅੰਮ੍ਰਿਤਸਰ, 23 ਅਕਤੂਬਰ 2023 (ਸੁਮੀਤ ਸਿੰਘ); ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਕਮੇਟੀ ਨੇ ਧਾਰਮਿਕ ਆਸਥਾ ਦੀ ਆੜ ਹੇਠ ਭੋਲੇ ਭਾਲੇ ਲੋਕਾਂ ਵਿਚ ਅੰਧ ਵਿਸ਼ਵਾਸ ਅਤੇ ਧਾਰਮਿਕ ਕੱਟੜਤਾ ਫੈਲਾਉਣ ਵਾਲੇ ਮੱਧ ਪ੍ਰਦੇਸ਼ ਦੇ ਬਾਗੇਸ਼ਵਰ ਧਾਮ ਦੇ ਢੋਂਗੀ ਬਾਬੇ

ਧਿਰੇਂਦਰ ਸ਼ਾਸਤਰੀ ਨੂੰ ਪੰਜਾਬ ਵਿੱਚ ਕਿਸੇ ਵੀ ਜਗ੍ਹਾ ਉੱਤੇ ਆਪਣੀ ਅਖੌਤੀ ਦੈਵੀ ਸ਼ਕਤੀ ਸਿੱਧ ਕਰਕੇ ਸੁਸਾਇਟੀ ਦਾ ਪੰਜ ਲੱਖ ਰੁਪਏ ਦਾ ਇਨਾਮ ਜਿੱਤਣ ਦੀ ਖੁੱਲੀ ਚੁਣੌਤੀ ਦਿੱਤੀ ਹੈ ਅਤੇ ਲੋਕਾਂ ਨੂੰ ਅਜਿਹੇ ਪਾਖੰਡੀਆਂ ਦੇ ਝਾਂਸੇ ਤੋਂ ਬਚਣ ਦੀ ਜੋਰਦਾਰ ਅਪੀਲ ਵੀ ਕੀਤੀ ਹੈ.

ਇਸ ਸਬੰਧੀ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਕਮੇਟੀ ਆਗੂਆਂ ਮਾਸਟਰ ਰਾਜਿੰਦਰ ਭਦੌੜ, ਹੇਮ ਰਾਜ ਸਟੈਨੋ, ਬਲਬੀਰ ਲੋਂਗੋਵਾਲ, ਰਾਜਪਾਲ ਸਿੰਘ, ਸੁਮੀਤ ਸਿੰਘ ਅਤੇ ਜੋਗਿੰਦਰ ਕੁੱਲੇਵਾਲ ਨੇ ਚੁਣੌਤੀ ਦਿੰਦਿਆਂ ਕਿਹਾ ਕਿ ਇਸ ਬਾਬੇ ਵਲੋਂ ਆਪਣੀ ਅਖੌਤੀ ਦੈਵੀ ਸ਼ਕਤੀ ਨਾਲ ਸ਼ਰਧਾਲੂਆਂ ਦਾ ਚਿਹਰਾ ਵੇਖ ਕੇ ਪਰਚਾ ਲਿਖਣ, ਸਮੱਸਿਆਵਾਂ ਦੱਸਣ ਅਤੇ ਉਨ੍ਹਾਂ ਦਾ ਚਮਤਕਾਰੀ ਹਲ ਕਰਨ ਦਾ ਦਾਅਵਾ ਕਰਕੇ ਜਿੱਥੇ ਧਾਰਮਿਕ ਆਸਥਾ ਦੀ ਆੜ ਹੇਠ ਸ਼ਰਧਾਲੂਆਂ ਨੂੰ ਗੁੰਮਰਾਹ ਕਰਕੇ ਅੰਧ ਵਿਸ਼ਵਾਸ ਫੈਲਾਇਆ ਜਾ ਰਿਹਾ ਹੈ ਉਥੇ ਹੀ ਭਾਜਪਾ-ਸੰਘ ਦੇ ਹਿੰਦੂਤਵੀ ਏਜੰਡੇ ਹੇਠ ਦੇਸ਼ ਵਿਚ ਫ਼ਿਰਕੂ ਨਫਰਤ ਦਾ ਮਾਹੌਲ ਵੀ ਪੈਦਾ ਕੀਤਾ ਜਾ ਰਿਹਾ ਹੈ ਜੋਕਿ ਸਰਾਸ਼ਰ ਗੈਰ ਸੰਵਿਧਾਨਕ ਅਤੇ ਸਜ਼ਾਯੋਗ ਅਪਰਾਧ ਹੈ ਪਰ ਪੁਲੀਸ ਵਲੋਂ ਹਕੂਮਤੀ ਦਬਾਅ ਹੇਠ ਇਸਦੇ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾ ਰਹੀ.

ਤਰਕਸ਼ੀਲ ਆਗੂਆਂ ਨੇ ਬਾਬੇ ਦਾ ਪਰਦਾਫਾਸ਼ ਕਰਦਿਆਂ ਦੱਸਿਆ ਕਿ ਮਹਾਂਰਾਸ਼ਟਰ ਦੀ ਤਰਕਸ਼ੀਲ ਸੰਸਥਾ ਅੰਧ ਸ਼ਰਧਾ ਨਿਰਮੂਲਨ ਸਮਿਤੀ ਵਲੋਂ ਇਸ ਸਾਲ ਮਹਾਂਰਾਸ਼ਟਰ ਵਿਚ ਬਾਗੇਸ਼ਵਰ ਬਾਬੇ ਨੂੰ ਆਪਣੀ ਅਖੌਤੀ ਦੈਵੀ ਸ਼ਕਤੀ ਸਿੱਧ ਕਰਕੇ 30 ਲੱਖ ਰੁਪਏ ਦਾ ਇਨਾਮ ਜਿੱਤਣ ਦੀ ਚੁਣੌਤੀ ਦਿੱਤੀ ਗਈ ਸੀ ਪਰ ਇਹ ਬਾਬਾ ਚੁਣੌਤੀ ਕਬੂਲ ਕਰਨ ਦੀ ਥਾਂ ਆਪਣਾ ਸਮਾਗਮ ਦੋ ਦਿਨ ਪਹਿਲਾਂ ਹੀ ਖਤਮ ਕਰਕੇ ਭਗੌੜਾ ਹੋ ਗਿਆ ਸੀ.

ਇਹਨਾਂ ਆਗੂਆਂ ਨੇ ਸਪਸ਼ਟ ਕੀਤਾ ਕਿ ਡਾਕਟਰੀ ਵਿਗਿਆਨ ਅਨੁਸਾਰ ਕਿਸੇ ਵਿਅਕਤੀ ਵਲੋਂ ਡਾਕਟਰੀ ਦੀ ਮਾਨਤਾ ਪ੍ਰਾਪਤ ਡਿਗਰੀ ਤੋਂ ਬਗ਼ੈਰ ਕਿਸੇ ਆਮ ਜਾਂ ਗੰਭੀਰ ਬਿਮਾਰੀ ਦੇ ਮਰੀਜ਼ ਦਾ ਜੰਤਰ-ਮੰਤਰ, ਪਾਠ ਪੂਜਾ, ਟੂਣੇ-ਟੋਟਕੇ, ਹਵਨ ਜਾਂ ਕਿਸੇ ਅਖੌਤੀ ਅਧਿਆਤਮਕ ਸ਼ਕਤੀ ਨਾਲ ਇਲਾਜ ਜਾਂ ਕਿਸੇ ਸਮੱਸਿਆ ਦਾ ਹੱਲ ਨਹੀਂ ਕੀਤਾ ਜਾ ਸਕਦਾ ਅਤੇ ਅਜਿਹਾ ਕਰਨ ਦਾ ਦਾਅਵਾ ਕਰਨ ਵਾਲੇ ਨੂੰ ਮੈਡੀਕਲ ਰਜਿਸਟ੍ਰੇਸ਼ਨ ਐਕਟ ਤਹਿਤ ਗ੍ਰਿਫਤਾਰ ਕਰਕੇ ਉਸ ਉਤੇ ਅਪਰਾਧਿਕ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ ਪਰ ਮੌਜੂਦਾ ਹਕੂਮਤਾਂ ਪਾਖੰਡੀ ਬਾਬਿਆਂ ਅਤੇ ਤਾਂਤਰਿਕਾਂ ਵਲੋਂ ਆਮ ਲੋਕਾਂ ਦੀ ਸ਼ਰੇਆਮ ਕੀਤੀ ਜਾ ਰਹੀ ਲੁੱਟ ਅਤੇ ਸ਼ੋਸ਼ਣ ਨੂੰ ਮੂਕ ਦਰਸ਼ਕ ਬਣ ਕੇ ਵੇਖ ਰਹੀਆਂ ਹਨ.

ਇਸ ਮੌਕੇ ਸੂਬਾ ਕਮੇਟੀ ਆਗੂਆਂ ਰਾਜੇਸ਼ ਅਕਲੀਆ, ਰਾਮ ਸਵਰਨ ਲੱਖੇਵਾਲੀ, ਜਸਵੰਤ ਮੋਹਾਲੀ, ਜਸਵਿੰਦਰ ਫਗਵਾੜਾ, ਅਜੀਤ ਪ੍ਰਦੇਸੀ, ਗੁਰਪ੍ਰੀਤ ਸ਼ਹਿਣਾ ਅਤੇ ਸੰਦੀਪ ਧਾਰੀਵਾਲ ਭੋਜਾਂ ਨੇ ਦੋਸ਼ ਲਾਇਆ ਕਿ ਸਾਮਰਾਜ ਪੱਖੀ ਅਤੇ ਫ਼ਿਰਕੂ ਹਾਕਮ ਜਮਾਤਾਂ ਵਲੋਂ ਲੋਕਾਂ ਦਾ ਧਿਆਨ ਉਨ੍ਹਾਂ ਦੇ ਬੁਨਿਆਦੀ ਮਸਲਿਆਂ ਤੋਂ ਪਾਸੇ ਹਟਾਉਣ ਲਈ ਇਕ ਸਾਜਿਸ਼ ਹੇਠ ਦੇਸ਼ ਵਿਚ ਬਾਬਾਵਾਦ, ਡੇਰਾਵਾਦ, ਪਾਖੰਡਵਾਦ, ਅੰਧ ਵਿਸ਼ਵਾਸ ਅਤੇ ਧਾਰਮਿਕ ਕੱਟੜਤਾ ਫੈਲਾਏ ਜਾ ਰਹੇ ਹਨ ਜਿਸਤੋਂ ਦੇਸ਼ ਦੀ ਜਨਤਾ ਅਤੇ ਲੋਕਪੱਖੀ ਜਮਹੂਰੀ ਤਾਕਤਾਂ ਨੂੰ ਵਿਗਿਆਨਕ ਪੱਧਰ ਤੇ ਸੁਚੇਤ ਹੋ ਕੇ ਇਸਦੇ ਖਿਲਾਫ ਸੰਘਰਸ਼ ਕਰਨ ਦੀ ਲੋੜ ਹੈ. ਇਸ ਦੇ ਨਾਲ ਹੀ ਤਰਕਸ਼ੀਲ ਆਗੂਆਂ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਪਾਖੰਡੀ ਬਾਬਿਆਂ, ਮਿਸ਼ਨਰੀਆਂ, ਮੌਲਵੀਆਂ, ਭਾਈਆਂ, ਤਾਂਤਰਿਕਾਂ ਅਤੇ ਡੇਰਾਵਾਦੀਆਂ ਵਲੋਂ ਧਾਰਮਿਕ ਆਸਥਾ ਦੀ ਆੜ ਹੇਠ ਫੈਲਾਏ ਜਾ ਰਹੇ ਅੰਧ ਵਿਸ਼ਵਾਸ ਨੂੰ ਰੋਕਣ ਲਈ ਇਨ੍ਹਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪੰਜਾਬ ਵਿਚ ਇਕ ਠੋਸ ਅੰਧ ਵਿਸ਼ਵਾਸ ਰੋਕੂ ਕਾਨੂੰਨ ਬਣਾ ਕੇ ਸਖਤੀ ਨਾਲ ਲਾਗੂ ਕੀਤਾ ਜਾਵੇ.