ਹੜ੍ਹ ਪ੍ਰਭਾਵਿਤ ਇਲਾਕੇ ਦੇ ਵਿਦਿਆਰਥੀਆਂ ਲਈ ਸਹਾਇਤਾ ਦੀ ਅਪੀਲ

         ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਹੁਤ ਸਾਰੀਆਂ ਸੰਸਥਾਵਾਂ ਨੇ ਆਪਣੇ ਆਪਣੇ ਤੌਰ ਤੇ ਆਪਣੇ ਆਪਣੇ ਢੰਗ ਤਰੀਕਿਆਂ ਨਾਲ ਪੀੜਤ ਲੋਕਾਂ ਲਈ ਰਾਹਤ ਸਮੱਗਰੀ ਪਹੁੰਚਾਈ ਹੈ ਤੇ ਹੋਰ ਵੀ ਉਹਨਾਂ ਦੀਆਂ ਲੋੜਾਂ ਅਨੁਸਾਰ ਪਹੁੰਚਾ ਰਹੀਆਂ ਹਨ। ਉਹਨਾਂ ਸਾਹਮਣੇ ਹੋਰ ਬਹੁਤ ਸਾਰੀਆਂ ਲੋੜਾਂ ਦਰਪੇਸ਼ ਹਨ। ਇਸ ਲਈ ਵੱਡੇ ਉਪਰਾਲਿਆਂ ਦੀ ਲੋੜ ਹੈ। ਉਹਨਾਂ ਦੀਆਂ ਲੋੜਾਂ ਵਿਚੋਂ ਤਰਕਸ਼ੀਲ ਸੁਸਾਇਟੀ ਪੰਜਾਬ ( ਰਜਿ:) ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਪਹਿਲੀ ਸ੍ਰੇਣੀ ਤੋਂ ਲੈ ਕੇ ਬਾਰਵੀਂ ਸ੍ਰੇਣੀ ਤੱਕ ਦੇ ਵਿਦਿਆਰਥੀਆਂ ਲਈ ਉਹਨਾਂ ਦੀ ਲੋੜ ਅਨੁਸਾਰ ਰਜਿਸਟਰ, ਕਾਪੀਆਂ, ਪੈਨ , ਪੈਨਸਲਾਂ ਆਦਿ ਸਟੇਸ਼ਨਰੀ ਦੇਣ ਦਾ ਫੈਸਲਾ ਕੀਤਾ ਹੈ। ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸਾਰੀ ਟੀਮ ਕੁੱਝ ਸਮੇਂ ਤੋਂ ਇਸ ਕਾਰਜ ਲਈ ਸਹਾਇਤਾ ਰਾਸ਼ੀ ਇਕੱਠੀ ਕਰ ਰਹੀ ਹੈ। ਜਿਸ ਦੇ ਯਤਨਾਂ ਸਦਕਾ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਨੇ ਪਹਿਲੀ ਕਿਸ਼ਤ ਵਜੋਂ ਦਸ ਲੱਖ ਰੁਪਏ ਦੀ ਸਟੇਸ਼ਨਰੀ ਖਰੀਦ ਕੇ ਬੱਚਿਆਂ ਤੱਕ ਪਹੁੰਚਾਉਣ ਦਾ ਫੈਸਲਾ ਕੀਤਾ ਹੈ। ਜਿਵੇਂ ਜਿਵੇਂ ਹੋਰ ਸਹਾਇਤਾ ਰਾਸ਼ੀ ਇਕੱਠੀ ਹੁੰਦੀ ਜਾਵੇਗੀ ਹੋਰ ਸਮੱਗਰੀ ਖਰੀਦ ਕੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਿੱਤੀ ਜਾਂਦੀ ਰਹੇਗੀ। ਸਹੀ ਵਿਦਿਆਰਥੀਆਂ ਦੀ ਸ਼ਨਾਖਤ ਕਰਨ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਨਾਲ ਸੰਬੰਧਤ ਸੂਬਾ ਆਗੂਆਂ ਅਤੇ ਜੋਨ ਆਗੂਆਂ ਦੀਆਂ ਕਮੇਟੀਆਂ ਬਣਾ ਦਿੱਤੀਆਂ ਹਨ ਜੋ 30 ਸਤੰਬਰ 2025 ਤੱਕ ਵਿਦਿਆਰਥੀਆਂ ਦੀ ਸ੍ਰੇਣੀ ਵਾਇਜ਼ ਵੇਰਵੇ ਇਕੱਤਰ ਕਰਕੇ ਸੂਬਾ ਕਮੇਟੀ ਨੂੰ ਦੇਣਗੇ। ਉਸ ਅਨੁਸਾਰ ਕਿੱਟਾਂ ਬਣਾ ਕੇ ਵਿਦਿਆਰਥੀਆਂ ਨੂੰ ਸਮੱਗਰੀ ਦਿੱਤੀ ਜਾਵੇਗੀ।

          ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸਾਰੇ ਮੈਂਬਰਾਂ, ਮੈਗਜ਼ੀਨ ਦੇ ਪਾਠਕਾਂ, ਹਮਦਰਦ ਸਾਥੀਆਂ ਅਤੇ ਹੋਰ ਉਹਨਾਂ ਸਾਰੇ ਸੱਜਣਾਂ ਨੂੰ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਬੇਨਤੀ ਕਰਦੇ ਹਾਂ ਕਿ ਉਹ ਆਪਣੀ ਆਪਣੀ ਸਮਰਥਾ ਅਨੁਸਾਰ ਇਸ ਜਰੂਰੀ ਕਾਰਜ਼ ਵਿੱਚ ਹਿੱਸਾ ਪਾਉਣ। ਸਹਾਇਤਾ ਰਾਸ਼ੀ ਸਿੱਧੀ ਤਰਕਸ਼ੀਲ ਸੁਸਾਇਟੀ ਪੰਜਾਬ ਰਜਿ: ਦੇ ਖਾਤਾ ਨੰਬਰ 0044000100282234 IFSC ਕੋਡ PUNB0004400 ਪੰਜਾਬ ਨੈਸ਼ਨਲ ਬੈਂਕ ਬਰਨਾਲਾ ਰਾਹੀਂ ਵੀ ਭੇਜੀ ਜਾ ਸਕਦੀ ਹੈ। ਸਹਾਇਤਾ ਰਾਸ਼ੀ ਦੇ ਵੇਰਵੇ ਸੂਬਾ ਵਿਤ ਮੁਖੀ ਰਾਜੇਸ਼ ਅਕਲੀਆ ਨੂੰ ਮੋਬਾਈਲ ਨੰਬਰ 9815670725 ਦੇ ਵਟਸਐੱਪ ਤੇ ਜਾਂ ਕਿਸੇ ਵੀ ਤਰਕਸ਼ੀਲ ਸੁਸਾਇਟੀ ਦੇ ਕਾਰਕੁੰਨ ਨੂੰ ਜਰੂਰ ਭੇਜਣ ਤਾਂ ਉਹ ਕਾਰਕੁੰਨ ਉਹ ਵੇਰਵੇ ਅੱਗੇ ਰਾਜ਼ੇਸ਼ ਅਕਲੀਆ ਨੂੰ ਭੇਜ ਸਕੇ। 

ਵੱਲੋਂ :- ਸੂਬਾ ਕਮੇਟੀ ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਮੁੱਖ ਦਫਤਰ, ਤਰਕਸ਼ੀਲ ਭਵਨ, ਤਰਕਸ਼ੀਲ ਚੌਂਕ, ਬਰਨਾਲਾ (ਪੰਜਾਬ)

ਤਰਕਸ਼ੀਲ ਸੁਸਾਇਟੀ ਤੇ ਸਹਿਯੋਗੀ ਜੱਥੇਬੰਦੀਆਂ ਵੱਲੋਂ ਹੜ੍ਹ ਪੀੜਤ ਇਲਾਕਿਆਂ ਦੇ ਵਿਦਿਆਰਥੀਆਂ ਦੀਆਂ ਫੀਸਾਂ ਮੁਆਫ ਕਰਨ ਲਈ ਡੀ ਸੀ ਲੁਧਿਆਣਾ ਨੂੰ ਮੰਗ ਪੱਤਰ ਦਿੱਤਾ

ਲੁਧਿਆਣਾ, 29 ਸਤੰਬਰ (ਹਰਚੰਦ ਭਿੰਡਰ ) ਅੱਜ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਉਲੀਕੇ ਪ੍ਰੋਗਰਾਮ ਤਹਿਤ ਜ਼ੋਨ ਲੁਧਿਆਣਾ ਵੱਲੋਂ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਦੇ ਦਸਵੀਂ ਤੇ ਬਾਰ੍ਹਵੀਂ ਬੋਰਡ ਦੀਆਂ ਪ੍ਰੀਖਿਆਵਾਂ ਦੇ ਵਿਦਿਆਰਥੀਆਂ ਦੀਆਂ ਫੀਸਾਂ ਹੋਰਨਾਂ ਫੰਡਾਂ ਸਮੇਤ ਮੁਆਫ ਕਰਨ ਬਾਰੇ ਡੀ ਸੀ ਲੁਧਿਆਣਾ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ

ਭੇਜਿਆ ਗਿਆ। ਇਸ ਮੌਕੇ ਤਰਕਸ਼ੀਲ ਆਗੂਆਂ ਨਾਲ ਵੱਖ ਵੱਖ ਸਹਿਯੋਗੀ ਜਨਤਕ, ਮਜ਼ਦੂਰ ਕਿਸਾਨ, ਜਮਹੂਰੀ ਤੇ ਮਨੁੱਖੀ ਹੱਕਾਂ ਦੀਆਂ ਜੱਥੇਬੰਦੀਆਂ ਦੇ ਆਗੂ ਵੀ ਸ਼ਾਮਲ ਸਨ। ਇਸ ਵਫ਼ਦ ਦੀ ਅਗਵਾਈ ਕਰਦਿਆਂ ਤਰਕਸ਼ੀਲ ਸੁਸਾਇਟੀ ਦੇ ਜ਼ੋਨ ਜੱਥੇਬੰਦਕ ਮੁਖੀ ਜਸਵੰਤ ਜ਼ੀਰਖ ਨੇ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਤਰਕਸ਼ੀਲ ਸੁਸਾਇਟੀ ਪੰਜਾਬ 10 ਲੱਖ ਰੁ. ਦੀਆਂ ਸਟੇਸ਼ਨਰੀ ਕਿੱਟਾਂ ਹੜ੍ਹ ਪੀੜਤ ਇਲਾਕਿਆਂ ਦੇ ਸਕੂਲਾਂ ਵਿੱਚ ਜਾ ਕੇ ਵੰਡੇਗੀ। ਇਸ ਬਾਰੇ ਤਰਕਸ਼ੀਲ ਮੈਂਬਰਾਂ ਦੀਆਂ ਟੀਮਾਂ ਵੱਖ ਵੱਖ ਇਲਾਕਿਆਂ ਵਿੱਚ ਸਰਵੇ ਕਰਕੇ ਲੋੜਵੰਦ ਵਿਦਿਆਰਥੀਆਂ ਦੀਆਂ ਲਿਸਟਾਂ ਤਿਆਰ ਕਰ ਰਹੀਆਂ ਹਨ । ਉਹਨਾਂ ਪੰਜਾਬ ਸਰਕਾਰ ਤੋਂ ਵੀ ਵਿਦਿਆਰਥੀਆਂ ਲਈ ਵੱਧ ਤੋਂ ਵੱਧ ਸਹਾਇਤਾ ਦੇਣ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਜਮਾਤ ਅਨੁਸਾਰ 1500/- ਰੁ ਤੋਂ 2400/- ਰੁ ਤੱਕ ਪ੍ਰਤੀ ਵਿਦਿਆਰਥੀ ਇਹ ਫੀਸ ਬਣਦੀ ਹੈ, ਜੋ ਸਰਕਾਰ ਵੱਲੋਂ ਮੁਆਫ ਕਰਨੀ ਬਣਦੀ ਹੈ। ਇਸ ਸਮੇਂ ਡਿਪਟੀ ਕਮਿਸ਼ਨਰ ਵੱਲੋਂ ਅੱਜ ਹੀ ਇਹ ਮੱਗ ਪੱਤਰ ਮੁੱਖ ਮੰਤਰੀ ਨੂੰ ਭੇਜਣ ਦਾ ਵਾਅਦਾ ਕੀਤਾ ਅਤੇ ਕਿਹਾ ਕਿ ਉਹ ਖੁਦ ਵੀ ਅਜਿਹੇ ਲੋੜਵੰਦ ਵਿਦਿਆਰਥੀਆਂ ਦੀ ਮੱਦਦ ਕਰਨਾ ਚਾਹੁੰਦੇ ਹਨ । ਉਹਨਾਂ ਵਫ਼ਦ ਨੂੰ ਕਿਹਾ ਕਿ ਜੇਕਰ ਤੁਹਾਨੂੰ ਕੋਈ ਅਜਿਹੇ 10-15 ਬੱਚੇ ਲੋੜਵੰਦ ਲੱਗਣ ਤਾਂ ਮੈਂ ਵੀ ਸਹਿਯੋਗ ਕਰਾਂਗਾ। ਵਫ਼ਦ ਵਿੱਚ ਸੂਬਾ ਆਗੂ ਮੋਹਨ ਬਡਲਾ, ਜ਼ੋਨ ਵਿੱਤ ਮੁਖੀ ਧਰਮਪਾਲ ਸਿੰਘ, ਮੀਡੀਆ ਮੁਖੀ ਹਰਚੰਦ ਭਿੰਡਰ, ਸੁਧਾਰ ਇਕਾਈ ਮੁਖੀ ਧਰਮ ਸਿੰਘ, ਮਾ ਕਰਨੈਲ ਸਿੰਘ, ਲੁਧਿਆਣਾ ਮੁਖੀ ਬਲਵਿੰਦਰ ਸਿੰਘ , ਮਲੇਰਕੋਟਲਾ ਮੁਖੀ, ਪੂਰਨ ਸਿੰਘ, ਹਿਊਮਨ ਰਾਈਟਸ ਆਰਗੇਨਾਈਜੇਸਨ ਦੇ ਪ੍ਰਧਾਨ ਸਤਨਾਮ ਸਿੰਘ ਧਾਲੀਵਾਲ, ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਸੁਖਦੇਵ ਸਿੰਘ ਮੰਗਲੀ, ਇਨਕਲਾਬੀ ਮਜ਼ਦੂਰ ਕੇਂਦਰ ਲੁਧਿਆਣਾ ਦੇ ਪ੍ਰਧਾਨ ਸੁਰਿੰਦਰ ਸਿੰਘ , ਉੱਘੇ ਸਮਾਜ ਚਿੰਤਕ ਬਾਪੂ ਬਲਕੌਰ ਸਿੰਘ ਅਤੇ ਆਰ ਟੀ ਆਈ ਕਾਰਕੁੰਨ ਰਾਜਿੰਦਰਪਾਲ ਸਿੰਘ, ਵਿਗਿਆਨੀ ਬਲਵਿੰਦਰ ਔਲਖ ਸ਼ਾਮਲ ਸਨ ।

powered by social2s